ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸ਼ੁੱਕਰਵਾਰ ਨੂੰ ਇਕ ਮੀਟਿੰਗ ਉਪਰੰਤ ਤਿੰਨ ਸੀਨੀਅਰ ਅਧਿਕਾਰੀਆਂ ’ਤੇ ਅਧਾਰਤ ਇਕ ਉੱਚ ਤਾਕਤੀ ਕਮੇਟੀ ਦਾ ਗਠਨ ਕਰ ਦਿੱਤਾ। ਇਹ ਕਮੇਟੀ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ’ਚ ਚੱਲ ਰਹੇ ਰਾਹਤ ਤੇ ਬਚਾਅ ਕਾਰਜਾਂ ਦੀ ਰੋਜ਼ਾਨਾ ਅਧਾਰ ’ਤੇ ਨਿਗਰਾਨੀ ਕਰੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਮਾਲ ਵਿਭਾਗ, ਜਲ ਸਰੋਤ ਤੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਸੀਨੀਅਰ ਅਧਿਕਾਰੀਆਂ ’ਤੇ ਅਧਾਰਿਤ ਕਮੇਟੀ ਅੰਮ੍ਰਿਤਸਰ ਤੇ ਹੋਰ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ’ਚ ਪੱਕੇ ਤੌਰ ’ਤੇ ਤਾਇਨਾਤ ਰਹੇਗੀ। ਡਿਪਟੀ ਕਮਿਸ਼ਨਰਾਂ ਤੇ ਹੋਰ ਅਫਸਰ ਉਚ-ਤਾਕਤੀ ਕਮੇਟੀ ਦੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕਰਨਗੇ। ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਬਚਾਅ ਤੇ ਰਾਹਤ ਕਾਰਜਾਂ ਨੂੰ ਹੋਰ ਅਸਰਦਾਇਕ ਢੰਗ ਨਾਲ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾਂ ਲੋਕਾਂ ਦੀ ਸਹਾਇਤਾ ਲਈ ਸਰਕਾਰੀ ਮਸ਼ੀਨਰੀ ਨੂੰ ਪੂਰੀ ਤਰ੍ਹਾਂ ਝੋਕ ਦੇਣ ਦਾ ਹੁਕਮ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਪਹਾੜੀ ਸੂਬਿਆਂ ਤੋਂ ਦਰਿਆਵਾਂ ਵਿਚ ਪਾਣੀ ਦਾ ਪੱਧਰ ਵਧ ਜਾਣ ਨਾਲ ਸੂਬੇ ’ਚ ਸਥਿਤੀ ਗੰਭੀਰ ਹੋਈ ਹੈ। ਅੱਜ ਤੱਕ ਰਾਵੀ ਦਰਿਆ ’ਚ 14.11 ਲੱਖ ਕਿਊਸਿਕ ਪਾਣੀ ਆਇਆ ਹੈ ਤੇ ਹੁਣ ਤੱਕ ਇਸ ਦਰਿਆ ’ਚ ਸਭ ਤੋਂ ਵੱਧ ਪਾਣੀ ਆਇਆ ਹੈ। ਜਦੋਂ ਸੂਬੇ ’ਚ ਸਾਲ 1988 ਵਿਚ ਸਭ ਤੋਂ ਭਿਆਨਕ ਹੜ੍ਹ ਆਏ ਸਨ, ਉਸ ਵੇਲੇ ਵੀ ਇਸ ਦਰਿਆ ’ਚ 11.20 ਲੱਖ ਕਿਊਸਿਕ ਪਾਣੀ ਆਇਆ ਸੀ। ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਦਰਿਆਵਾਂ ਤੋਂ ਵੱਧ ਤੋਂ ਵੱਧ ਪਾਣੀ ਲੈਣ ਲਈ ਹਰਿਆਣਾ ਤੇ ਰਾਜਸਥਾਨ ਨੂੰ ਪਹਿਲਾਂ ਹੀ ਲਿਖ ਕੇ ਭੇਜ ਦਿੱਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਕਾਰਨ ਫਸੇ ਲੋਕਾਂ ਨੂੰ ਕੱਢਣ ਲਈ ਜੰਗੀ ਪੱਧਰ ’ਤੇ ਕਾਰਜ ਕੀਤੇ ਜਾ ਰਹੇ ਹਨ। ਹੜ੍ਹ ਪ੍ਰਭਾਵਿਤ ਪੰਜ ਜ਼ਿਲ੍ਹਿਆਂ ’ਚ ਭਾਰਤੀ ਫੌਜ ਪਹਿਲਾਂ ਹੀ ਤਾਇਨਾਤ ਕੀਤੀ ਜਾ ਚੁੱਕੀ ਹੈ। ਸੂਬੇ ਦੀ ਮਸ਼ੀਨਰੀ ਤੇ ਸਾਜੋ-ਸਾਮਾਨ ਦੀ ਵਰਤੋਂ ਕਰ ਕੇ ਪ੍ਰਸ਼ਾਸਨ ਫੌਜ ਨਾਲ ਮਿਲ ਕੇ ਰਾਹਤ ਕਾਰਜ ਚਲਾ ਰਿਹਾ ਹੈ। ਐੱਨਡੀਆਰਐਫ ਦੀਆਂ 17 ਟੀਮਾਂ ਰਾਹਤ ਕਾਰਜਾਂ ’ਚ ਤਾਇਨਾਤ ਹਨ। ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਵੀ ਪਤਾ ਲਾਇਆ ਜਾ ਰਿਹਾ ਹੈ।
ਸੀਐੱਮ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਪਿੰਡਾਂ ’ਚ ਸਾਫ਼ ਤੇ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ ਲਈ ਪਾਣੀ ਦੇ ਟੈਂਕਰ ਲਗਾਉਣ ਦੇ ਹੁਕਮ ਦਿੱਤੇ ਹਨ। ਇਸੇ ਤਰ੍ਹਾਂ ਮੰਡੀ ਬੋਰਡ ਤੇ ਲੋਕ ਨਿਰਮਾਣ ਵਿਭਾਗ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਪੁਲਾਂ, ਸੜਕਾਂ ਤੇ ਸਰਕਾਰੀ ਇਮਾਰਤਾਂ ਨੂੰ ਹੋਏ ਨੁਕਸਾਨ ਦਾ ਵਿਸਥਾਰਤ ਸਰਵੇਖਣ ਕਰਨ ਤੇ ਸਿਹਤ ਵਿਭਾਗ ਨੂੰ ਪ੍ਰਭਾਵਿਤ ਲੋਕਾਂ ਨੂੰ ਰਾਹਤ ਕੈਂਪਾਂ ਤੇ ਮੈਡੀਕਲ ਕੈਂਪਾਂ ਰਾਹੀਂ ਤੇ ਇੱਥੋਂ ਤੱਕ ਕਿ ਉਨ੍ਹਾਂ ਦੇ ਦਰਾਂ ’ਤੇ ਜਾ ਕੇ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਲਈ ਕਿਹਾ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਹੜ੍ਹ ਪ੍ਰਭਾਵਿਤ ਪਿੰਡਾਂ ’ਚ ਡੇਂਗੂ ਦੇ ਲਾਰਵੇ ਦਾ ਪਤਾ ਲਾਉਣ ਲਈ ਸਮਰਪਿਤ ਐਂਟੀ ਲਾਰਵਾ ਟੀਮਾਂ ਤਾਇਨਾਤ ਕੀਤੀਆਂ ਜਾਣ। ਇਹ ਟੀਮਾਂ ਪਿੰਡਾਂ ਦਾ ਦੌਰਾ ਕਰ ਕੇ ਲੋਕਾਂ ਨੂੰ ਮਲੇਰੀਆ, ਡੇਂਗੂ, ਦਸਤ, ਟਾਈਫਾਈਡ ਤੇ ਚਮੜੀ ਦੀਆਂ ਸਮੱਸਿਆਵਾਂ ਵਰਗੀਆਂ ਬਿਮਾਰੀਆਂ ਰੋਕਣ ਦੇ ਉਪਾਵਾਂ ਬਾਰੇ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਪਿੰਡਾਂ ’ਚ ਵਿਆਪਕ ਪੱਧਰ ’ਤੇ ਸੈਨੀਟਾਈਜ਼ੇਸ਼ਨ ਮੁਹਿੰਮ ਚਲਾਉਣ ਦੇ ਨਾਲ-ਨਾਲ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਫੌਗਿੰਗ ਟੀਮਾਂ ਤਾਇਨਾਤ ਕੀਤੀਆਂ ਜਾਣ ਤੇ ਸੈਨੇਟਰੀ ਤੇ ਮਨਰੇਗਾ ਵਰਕਰਾਂ ਨੂੰ ਪਿੰਡਾਂ ਦੀ ਸਫ਼ਾਈ ਦਾ ਕੰਮ ਸੌਂਪਿਆ ਜਾਵੇ।
ਇਸ ਦੇ ਨਾਲ ਹੀ ਪਸ਼ੂ ਪਾਲਣ ਵਿਭਾਗ ਨੂੰ ਪਸ਼ੂਆਂ ਦੇ ਇਲਾਜ ਤੇ ਟੀਕਾਕਰਨ, ਜਾਨਵਰਾਂ ਦੇ ਕੀੜੇ ਮਾਰਨ ਤੇ ਫੀਡ ਚਾਰੇ ਦੀ ਵਿਵਸਥਾ ਲਈ ਵੱਡੀ ਗਿਣਤੀ ’ਚ ਵੈਟਰਨਰੀ ਟੀਮਾਂ ਤਾਇਨਾਤ ਕੀਤੀਆਂ ਜਾਣ।