।
ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੜ੍ਹ ਪੀੜਤ ਲੋਕਾਂ ਦੇ ਮੁੜ ਵਸੇਬੇ ਲਈ ਨੀਤੀਗਤ ਰੂਪ ਵਿਚ ਕਾਰਜ ਕਰੇਗੀ। ਇਸ ਵਾਸਤੇ ਇੱਕ ਕਮੇਟੀ ਬਣਾਈ ਜਾਵੇਗੀ ਜੋ ਪੀੜਤਾਂ ਦੀਆਂ ਲੋੜਾਂ ਦੇ ਮੱਦੇਨਜ਼ਰ ਰੂਪ ਰੇਖਾ ਉਲੀਕੇਗੀ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਹੜ੍ਹਾਂ ਨਾਲ ਪੰਜਾਬ ਦੇ ਵੱਡੇ ਹਿੱਸੇ ਦਾ ਨੁਕਸਾਨ ਹੋਇਆ ਹੈ, ਜਿਸ ਦੀ ਪੂਰੀ ਤਰ੍ਹਾਂ ਭਰਪਾਈ ਕਰ ਪਾਉਂਣੀ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਹੜ੍ਹ ਪੀੜਤਾਂ ਲਈ ਕੀਤੇ ਜਾ ਰਹੇ ਕਾਰਜ ਵਾਸਤੇ 2 ਕਰੋੜ ਰੁਪਏ ਦੇਣ ਦਾ ਫੈਸਲਾ ਕੀਤਾ ਹੈ, ਜਿਸ ਤਹਿਤ ਇਕ ਕਰੋੜ ਰੁਪਏ ਇਸ ਕਾਰਜ ਲਈ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਲਈ ਇਕੱਤਰ ਹੋਈ ਰਾਸ਼ੀ ਇਨ੍ਹਾਂ ਦੇ ਮੁੜ ਵਸੇਬੇ ਲਈ ਵਰਤੀ ਜਾਵੇਗੀ।
ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣਾ ਫਰਜ਼ ਸਮਝਦਿਆਂ ਪਹਿਲੇ ਦਿਨ ਤੋਂ ਹੜ੍ਹ ਪੀੜਤਾਂ ਤੱਕ ਸਹਾਇਤਾ ਪਹੁੰਚਾ ਰਹੀ ਹੈ ਅਤੇ ਇਹ ਮੁਹਿੰਮ ਇਕ ਲਹਿਰ ਬਣ ਚੁੱਕੀ ਹੈ, ਜਿਸ ਵਿਚ ਪੰਜਾਬ ਦੇ ਲੋਕ ਵੱਡਾ ਯੋਗਦਾਨ ਪਾ ਰਹੇ ਹਨ। ਪਾਣੀ ਘਟਣ ਤੋਂ ਬਾਅਦ ਹੜ੍ਹ ਪੀੜਤ ਇਲਾਕਿਆਂ ਅੰਦਰ ਬਿਮਾਰੀ ਫੈਲਣ ਦਾ ਵੀ ਵੱਡਾ ਖ਼ਤਰਾ ਹੈ, ਇਸ ਦੀ ਰੋਕਥਾਮ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਇਲਾਕਿਆਂ ਅੰਦਰ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਤੋਂ ਡਾਕਟਰੀ ਟੀਮਾਂ ਭੇਜੀਆਂ ਗਈਆਂ ਹਨ। ਇਸ ਦੇ ਨਾਲ ਹੀ ਮੱਛਰ ਆਦਿ ਤੋਂ ਬਚਾਅ ਲਈ ਸਪਰੇਅ ਵਾਲੀਆਂ ਮਸ਼ੀਨਾਂ ਭੇਜੀਆਂ ਜਾ ਰਹੀਆਂ ਹਨ।
ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਵੈਟਨਰੀ ਡਾਕਟਰਾਂ ਦੀਆਂ ਟੀਮਾਂ ਵੀ ਇਨ੍ਹਾਂ ਖੇਤਰਾਂ ਵਿਚ ਸੇਵਾ ਨਿਭਾਉਣਗੀਆਂ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਨੁਕਸਾਨੀਆਂ ਗਈ ਫ਼ਸਲਾਂ ਦਾ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਅਤੇ ਪਸ਼ੂਆਂ, ਘਰਾਂ ਸਮੇਤ ਹੋਏ ਹੋਰ ਨੁਕਸਾਨ ਦੀ ਵੀ ਸਰਕਾਰ ਵੱਲੋਂ ਭਰਪਾਈ ਕੀਤੀ ਜਾਵੇ। ਧਾਮੀ ਨੇ ਰਾਹਤ ਕਾਰਜਾਂ ਵਿਚ ਆਰਥਿਕ ਤੌਰ ’ਤੇ ਸਹਾਇਤਾ ਕਰਨ ਲਈ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੀ ਪ੍ਰਸ਼ੰਸਾ ਕਰਦਿਆਂ ਸਮੂਹ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਖਤਿਆਰੀ ਕੋਟੇ ’ਚੋਂ 1-1 ਲੱਖ ਰੁਪਿਆ ਹੜ੍ਹ ਪੀੜਤਾਂ ਦੀ ਸਹਾਇਤਾ ਦੇਣ। ਉਨ੍ਹਾਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਵੀ ਵੱਧ ਤੋਂ ਵੱਧ ਇਸ ਵਿਚ ਵਿਚ ਸਹਿਯੋਗ ਕਰਨ ਲਈ ਪ੍ਰੇਰਿਆ। ਇਸ ਮੌਕੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਰਣਜੀਤ ਸਿੰਘ ਕਾਹਲੋਂ, ਹਰਜਾਪ ਸਿੰਘ ਸੁਲਤਾਨਵਿੰਡ, ਅਵਤਾਰ ਸਿੰਘ ਵਣਵਾਲਾ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਬਿਜੈ ਸਿੰਘ, ਸ਼ਾਹਬਾਜ਼ ਸਿੰਘ, ਜਸਵਿੰਦਰ ਸਿੰਘ ਜੱਸੀ, ਬਲਵਿੰਦਰ ਸਿੰਘ ਖੈਰਾਬਾਦ, ਹਰਭਜਨ ਸਿੰਘ ਵਕਤਾ, ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਸੁਖਜਿੰਦਰ ਸਿੰਘ ਆਦਿ ਮੌਜੂਦ ਸਨ।