ਪੁਲਿਸ ’ਚ ਸਿਰਜੀਆਂ ਜਾਣਗੀਆਂ 1600 ਨਵੀਆਂ ਐੱਨਜੀਓ ਅਸਾਮੀਆਂ

 ਚੰਡੀਗੜ੍ਹ – ਪੰਜਾਬ ਮੰਤਰੀ ਨੇ ਪੁਲਿਸ ਜਾਂਚ ਵਿਚ ਕਾਰਜ ਕੁਸ਼ਲਤਾ ਅਤੇ ਨਵੀਆਂ ਚੁਣੌਤੀਆਂ ਦੇ ਟਾਕਰੇ, ਖ਼ਾਸ ਤੌਰ ਉੱਤੇ ਐੱਨਡੀਪੀਐੱਸ ਕੇਸਾਂ ਤੇ ਹੋਰ ਸੰਗਠਿਤ ਅਪਰਾਧਾਂ ਸਬੰਧੀ ਮਾਮਲਿਆਂ ਨਾਲ ਪ੍ਰਭਾਵਸ਼ਾਲੀ ਤਰੀਕੇ ਨਾਲ ਸਿੱਝਣ ਲਈ ਥਾਣਿਆਂ ਨੂੰ ਮਜ਼ਬੂਤ ਕਰਨ ਵਾਸਤੇ ਜ਼ਿਲ੍ਹਾ ਕਾਡਰ ਵਿਚ 1600 ਨਵੀਆਂ ਨਾਨ-ਗਜ਼ਟਿਡ ਅਫਸਰਾਂ (ਐੱਨਜੀਓ) ਦੀਆਂ ਅਸਾਮੀਆਂ (ਏਐੱਸਆਈ, ਐੱਸਆਈ ਅਤੇ ਇੰਸਪੈਕਟਰ) ਸਿਰਜਣ ਦੀ ਵੀ ਮਨਜ਼ੂਰੀ ਦੇ ਦਿੱਤੀ। ਇਸ ਫੈਸਲੇ ਮੁਤਾਬਕ ਪੰਜਾਬ ਪੁਲਿਸ ਦੇ ਜ਼ਿਲ੍ਹਾ ਕਾਡਰ ਵਿਚ ਐੱਨਜੀਓ ਦੀਆਂ 1600 ਨਵੀਆਂ ਅਸਾਮੀਆਂ (150 ਇੰਸਪੈਕਟਰ, 450 ਸਬ ਇੰਸਪੈਕਟਰ ਅਤੇ 1000 ਏਐੱਸਆਈ) ਸਿਰਜੀਆਂ ਜਾਣਗੀਆਂ। ਇਹ ਅਸਾਮੀਆਂ ਤਰੱਕੀ ਰਾਹੀਂ ਭਰੀਆਂ ਜਾਣਗੀਆਂ, ਜਿਸ ਦੇ ਨਤੀਜੇ ਵਜੋਂ ਖ਼ਾਲੀ ਹੋਣ ਵਾਲੀਆਂ ਕਾਂਸਟੇਬਲਾਂ ਦੀਆਂ 1600 ਅਸਾਮੀਆਂ ਉੱਤੇ ਵੀ ਭਰਤੀ ਕੀਤੀ ਜਾਵੇਗੀ।

ਮੰਤਰੀ ਮੰਡਲ ਨੇ ‘ਪੰਜਾਬ ਕਮਿਊਨਿਟੀ ਸਰਵਿਸ ਗਾਈਡਲਾਈਨਜ਼-2025’ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ। ਇਸ ਦਾ ਉਦੇਸ਼ ਪੰਜਾਬ, ਹਰਿਆਣਾ ਤੇ ਯੂਟੀ ਚੰਡੀਗੜ੍ਹ ਦੀਆਂ ਜ਼ਿਲ੍ਹਾ ਅਦਾਲਤਾਂ ਵਿਚ ਇਕਸਾਰਤਾ ਲਿਆਉਣਾ ਹੈ ਤਾਂ ਕਿ ਉਨ੍ਹਾਂ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ, ਜਿਨ੍ਹਾਂ ਤਹਿਤ ਬੀਐੱਨਐੱਸਐੱਸ ਦੀ ਧਾਰਾ 23(2), ਜਾਂ ਜੁਵੇਨਾਈਲ ਜਸਟਿਸ ਐਕਟ 2015 ਦੀ ਧਾਰਾ 18(1) (ਸੀ) ਜਾਂ ਦੇਸ਼ ਭਰ ਦੇ ਹੋਰ ਕਾਨੂੰਨਾਂ ਅਧੀਨ ਸਮਾਜ ਸੇਵਾ ਦੀ ਸਜ਼ਾ ਦਿੱਤੀ ਜਾਂਦੀ ਹੈ।

ਪੰਜਾਬ ਕੈਬਨਿਟ ਨੇ ਜ਼ਿਲ੍ਹਾ ਪ੍ਰੀਸ਼ਦ ਅਧੀਨ ਕੰਮ ਕਰ ਰਹੇ ਰੂਰਲ ਮੈਡੀਕਲ ਅਫ਼ਸਰਾਂ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਤਬਾਦਲੇ (ਰਲੇਵੇਂ) ਮੌਕੇ ਉਨ੍ਹਾਂ ਦੀ ‘ਪੇਅ ਪ੍ਰੋਟੈਕਸ਼ਨ’ ਯਕੀਨੀ ਬਣਾਉਣ ਦੀ ਵੀ ਮਨਜ਼ੂਰੀ ਦੇ ਦਿੱਤੀ। ਇਨ੍ਹਾਂ ਮੈਡੀਕਲ ਅਫ਼ਸਰਾਂ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਤਬਾਦਲੇ/ਰਲੇਵੇਂ ਮਗਰੋਂ ‘ਪੇਅ ਪ੍ਰੋਟੈਕਸ਼ਨ’ ਦਾ ਲਾਭ ਇਸ ਸ਼ਰਤ ਉੱਤੇ ਮਿਲੇਗਾ ਕਿ ‘ਪੇਅ ਪ੍ਰੋਟੈਕਸ਼ਨ’ ਤੋਂ ਇਲਾਵਾ ਪਿਛਲੀ ਸੇਵਾ ਦਾ ਲਾਭ ਕਿਸੇ ਵੀ ਹੋਰ ਉਦੇਸ਼ ਲਈ ਲਾਗੂ ਨਹੀਂ ਹੋਵੇਗਾ।

ਕੈਬਨਿਟ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਧੀਨ ਕੰਮ ਕਰਦੇ ਸਰਕਾਰੀ ਡਾਕਟਰਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨਿਤ ਕਰਨ ਲਈ ਨੀਤੀ ਘੜਨ ਨੂੰ ਵੀ ਸਹਿਮਤੀ ਦੇ ਦਿੱਤੀ। ਇਸ ਤਹਿਤ ਸਾਰੇ ਡਾਕਟਰ ਭਾਵੇਂ ਉਹ ਵਿਭਾਗ ਵਿੱਚ ਰੈਗੂਲਰ ਜਾਂ ਕੰਟਰੈਕਟ ਉੱਤੇ ਹਨ, ਆਪਣੀਆਂ ਸਬੰਧਤ ਸ਼੍ਰੇਣੀਆਂ ਵਿਚ ਇਹ ਸਨਮਾਨ ਲੈਣ ਦੇ ਹੱਕਦਾਰ ਹੋਣਗੇ।

ਸਿੱਖਿਆ ਵਿਭਾਗ ਵਿਚ ਤਰੱਕੀਆਂ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜਾਬ ਐਜੂਕੇਸ਼ਨ ਸਰਵਿਸ ਰੂਲਜ਼-2018 ਵਿਚ ਸੋਧ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ। 2018 ਦੇ ਮੌਜੂਦਾ ਨਿਯਮਾਂ ਵਿੱਚ ਕੁਝ ਕਾਡਰਾਂ ਲਈ ਤਰੱਕੀ ਦਾ ਕੋਈ ਮੌਕਾ ਨਹੀਂ ਸੀ ਪਰ ਹੁਣ ਇਨ੍ਹਾਂ ਨਿਯਮਾਂ ਵਿੱਚ ਸੋਧਾਂ ਨਾਲ ਪੀਟੀਆਈ (ਐਲੀਮੈਂਟਰੀ), ਪ੍ਰੀ-ਪ੍ਰਾਇਮਰੀ ਅਧਿਆਪਕਾਂ, ਸਪੈਸ਼ਲ ਐਜੂਕੇਟਰ ਅਧਿਆਪਕਾਂ (ਸੈਕੰਡਰੀ) ਤੇ ਸਪੈਸ਼ਲ ਐਜੂਕੇਟਰ ਅਧਿਆਪਕਾਂ (ਐਲੀਮੈਂਟਰੀ) ਅਤੇ ਵੋਕੇਸ਼ਨਲ ਮਾਸਟਰਾਂ ਨੂੰ ਤਰੱਕੀ ਦੇ ਨਵੇਂ ਮੌਕੇ ਮਿਲਣਗੇ। ਇਸ ਸੋਧ ਨਾਲ ਤਕਰੀਬਨ 1500 ਅਧਿਆਪਕਾਂ ਨੂੰ ਲਾਭ ਮਿਲੇਗਾ।