ਵੜਿੰਗ ਨੇ ਐੱਸਡੀਆਰਐੱਫ ਦੀ ਦੁਰਵਰਤੋਂ ਕਰਨ ਵਾਲਿਆਂ ’ਤੇ ਕੇਸ ਦਰਜ ਕਰਨ ਦੀ ਕੀਤੀ ਮੰਗ

ਚੰਡੀਗੜ੍ਹ –ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪ ਸਰਕਾਰ ’ਤੇ ਰਾਜ ਆਫ਼ਤ ਪ੍ਰਬੰਧਨ ਰਾਹਤ ਫੰਡ (ਐੱਸਡੀਆਰਐੱਫ ) ਦੇ 12 ਹਜ਼ਾਰ ਕਰੋੜ ਰੁਪਏ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਿਸ਼ੇਸ਼ ਸੈਸ਼ਨ ਬੁਲਾ ਕੇ ਕੁਦਰਤੀ ਆਫ਼ਤ ਲਈ ਖਰਚ ਕੀਤੀ ਰਾਸ਼ੀ ਦੀ ਜਾਣਕਾਰੀ ਦੇਵੇ•। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਹ ਫੰਡ ਕਿਸੇ ਹੋਰ ਮੰਤਵ ਲਈ ਵਰਤਿਆ ਹੈ।

ਕਾਂਗਰਸ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵੜਿੰਗ ਨੇ ਕਿਹਾ ਕਿ ਫੰਡ ਦੀ ਦੁਰਵਰਤੋਂ ਬਾਰੇ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਖਿਲਾਫ਼ ਕੇਸ ਦਰਜ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤ ਫੰਡ ਵਿਚ ਪ੍ਰਧਾਨ ਮੰਤਰੀ ਨੇ 12 ਹਜ਼ਾਰ ਕਰੋੜ ਰੁਪਏ ਹੋਣ ਦੀ ਗੱਲ ਕੀਤੀ ਹੈ, ਇਸੇ ਕਰਕੇ ਉਨ੍ਹਾਂ 1600 ਕਰੋੜ ਰੁਪਏ ਦਾ ਐਲਾਨ ਕੀਤਾ ਹੈ। ਕੇਂਦਰ ਸਰਕਾਰ ਕੁਦਰਤੀ ਆਫ਼ਤ ਪ੍ਰਬੰਧਨ ਫੰਡ ਵਿਚ 75 ਪ੍ਰਤੀਸ਼ਤ ਅਤੇ ਰਾਜ ਸਰਕਾਰ 25 ਪ੍ਰਤੀਸ਼ਤ ਯੋਗਦਾਨ ਪਾਉਂਦੀ ਹੈ। ਫੰਡ ਦੀ ਨਿਗਰਾਨੀ ਕਰਨਾ ਵੀ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ। ਰਾਜ ਵਿੱਚ ਹੜ੍ਹਾਂ ਨੂੰ ‘ਮਨੁੱਖੀ ਗਲਤੀਆਂ’ ਦੱਸਦਿਆਂ ਵੜਿੰਗ ਨੇ ਕਿਹਾ ਕਿ ਹੜ੍ਹਾਂ ਦੇ ਪਿੱਛੇ ਗ਼ੈਰ-ਕਾਨੂੰਨੀ ਮਾਈਨਿੰਗ ਮੁੱਖ ਕਾਰਨਾਂ ਵਿੱਚੋਂ ਇੱਕ ਹੈ ਅਤੇ ਰਾਜ ਸਰਕਾਰ ਨੇ ਬੰਨ੍ਹਾਂ ਨੂੰ ਵੀ ਮਜ਼ਬੂਤ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਰਾਜ ਦੇ ਆਖਰੀ ਕੋਨੇ ਤੱਕ ਪਾਣੀ ਪਹੁੰਚਾਉਣ ਦੀ ਜ਼ਿੱਦ ਕਾਰਨ ਸਰਕਾਰ ਨੇ ਲੱਖਾਂ ਏਕੜ ਜ਼ਮੀਨ ਅਤੇ ਕਿਸਾਨਾਂ ਦੇ ਹਜ਼ਾਰਾਂ ਘਰਾਂ ਨੂੰ ਨੁਕਸਾਨ ਪਹੁੰਚਾਇਆ ਹੈ ਕਿਉਂਕਿ ਮੌਸਮ ਵਿਭਾਗ ਨੇ ਸਪੱਸ਼ਟ ਤੌਰ ’ਤੇ ਕਿਹਾ ਸੀ ਕਿ ਇਸ ਵਾਰ ਬਾਰਸ਼ ਔਸਤ ਤੋਂ ਵੱਧ ਹੋਵੇਗੀ। ਇਸ ਦੇ ਬਾਵਜੂਦ ਸੂਬਾ ਸਰਕਾਰ ਨੇ ਪ੍ਰਬੰਧ ਨਹੀਂ ਕੀਤੇ। ਉਨ੍ਹਾਂ ਕਿਹਾ ਕਿ 1988 ਵਿਚ ਭਾਖੜਾ ਵਿਚ ਪਾਣੀ ਦਾ ਪੱਧਰ 1687 ਫੁੱਟ ਸੀ, ਫਿਰ ਪਾਣੀ ਛੱਡਿਆ ਗਿਆ ਜਦੋਂ ਕਿ ਇਸ ਵਾਰ ਪਾਣੀ ਸਿਰਫ਼ 1678 ਫੁੱਟ ’ਤੇ ਹੀ ਛੱਡਿਆ ਗਿਆ ਸੀ। ਉਨ੍ਹਾਂ ਕਿਹਾ ਕਿ ਮੁਆਵਜ਼ਾ ਰਾਸ਼ੀ ਦੇ ਪੁਰਾਣੇ ਨਿਯਮਾਂ ਨੂੰ ਹੁਣ ਬਦਲਿਆ ਜਾਣਾ ਚਾਹੀਦਾ ਹੈ, ਕਿਉਂਕਿ ਕੇਂਦਰ ਸਰਕਾਰ ਫਸਲਾਂ ਦੇ ਨੁਕਸਾਨ ’ਤੇ 6800 ਰੁਪਏ ਦਾ ਮੁਆਵਜ਼ਾ ਦਿੰਦੀ ਹੈ।

ਇਸ ਦੌਰਾਨ ਫਤਿਹਗੜ੍ਹ ਸਾਹਿਬ ਦੇ ਸੰਸਦ ਮੈਂਬਰ ਅਮਰ ਸਿੰਘ ਨੇ ਕਿਹਾ ਕਿ ਸਸਰਾਲੀ ਵਿਚ ਨਾਜਾਇਜ਼ ਮਾਈਨਿੰਗ ਕਾਰਨ ਬੰਨ੍ਹ ਟੁੱਟ ਗਿਆ। ਰੇਤ ਮਾਫੀਆ ਨੇ 40 ਤੋਂ 60 ਫੁੱਟ ਤੱਕ ਮਾਈਨਿੰਗ ਕੀਤੀ ਜਿਸ ਕਾਰਨ ਸਤਲੁਜ ਦਰਿਆ ਨੇ ਆਪਣਾ ਰਸਤਾ ਬਦਲ ਲਿਆ। ਜੋ ਕੰਮ 70 ਸਾਲਾਂ ਵਿਚ ਨਹੀਂ ਹੋਇਆ, ਉਹ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਹੋਇਆ।

ਇਸ ਮੌਕੇ ਕਾਂਗਰਸ ਵਿਧਾਇਕ ਅਤੇ ਸਾਬਕਾ ਮਾਈਨਿੰਗ ਮੰਤਰੀ ਸੁਖਵਿੰਦਰ ਸਿੰਘ ਸਰਕਾਰੀਆ, ਵਿਧਾਇਕ ਅਤੇ ਸਾਬਕਾ ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਕੈਪਟਨ ਸੰਦੀਪ ਸੰਧੂ ਵੀ ਮੌਜੂਦ ਸਨ।