ਕੋਟਕਪੂਰਾ- ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਸੁਚੱਜੀ ਖ਼ਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਝੋਨੇ ਦੀ ਖ਼ਰੀਦ 16 ਸਤੰਬਰ ਤੋਂ ਸ਼ੁਰੂ ਕੀਤੀ ਚੁੱਕੀ ਹੈ। ਜਿਲ੍ਹੇ ਦੇ 68 ਖ਼ਰੀਦ ਕੇਂਦਰਾਂ ਵਿੱਚ ਖਰੀਦ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਕਿਸਾਨਾਂ, ਲੇਬਰ, ਆੜ੍ਹਤੀਆਂ ਆਦਿ ਦੀ ਸਹੂਲਤ ਲਈ ਮੰਡੀਆਂ ਵਿੱਚ ਬਿਜਲੀ, ਛਾਂ ਅਤੇ ਪੀਣ ਸਮੇਤ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਸਾਂਝੀ ਕੀਤੀ।
ਉਨ੍ਹਾਂ ਨੇ ਦੱਸਿਆ ਕਿ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸੰਬੰਧਤ ਅਧਿਕਾਰੀਆਂ ਨੂੰ ਸਫ਼ਾਈ ਅਤੇ ਪ੍ਰਬੰਧਾਂ ਦੀ ਨਿਯਮਿਤ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਵਿੱਚ ਝੋਨਾ ਲਿਆਉਣ ਤੋਂ ਪਹਿਲਾਂ ਝੋਨੇ ਵਿੱਚ ਨਮੀ ਦੀ ਜਾਂਚ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਲਿਆਂਦੇ ਗਏ ਝੋਨੇ ਵਿੱਚ ਨਮੀ ਦੀ ਮਾਤਰਾ 17 ਪ੍ਰਤੀਸ਼ਤ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਸਾਨਾਂ ਨੂੰ ਮੰਡੀ ਵਿੱਚ ਸੁੱਕਾ ਝੋਨਾ ਹੀ ਲਿਆਉਣ ਦੀ ਅਪੀਲ ਕੀਤੀ ਤਾਂ ਜੋ ਸਫ਼ਾਈ ਦੇ ਬਾਅਦ ਬੋਲੀ ਸੁਚਾਰੂ ਢੰਗ ਨਾਲ ਸਮੇਂ ਉੱਤੇ ਹੋ ਸਕੇ ਅਤੇ ਮੰਡੀਆਂ ਵਿਚ ਕਿਸੇ ਕਿਸਮ ਸਮੱਸਿਆ ਨਾ ਆਵੇ। ਉਨ੍ਹਾਂ ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਕੱਟੇ ਗਏ ਝੋਨੇ ਵਿੱਚ ਨਮੀ ਦੀ ਮਾਤਰਾ ਵੱਧ ਨਾ ਹੋਵੇ।
ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਤੋਂ ਬਚਾਉਣਾ ਹੈ। ਇਸ ਲਈ ਪ੍ਰਸ਼ਾਸਨ ਵੱਲੋਂ ਸਾਰੀਆਂ ਮੰਡੀਆਂ ਵਿੱਚ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਜੋ ਖ਼ਰੀਦ ਪ੍ਰਕਿਰਿਆ ਦੀ ਰੋਜ਼ਾਨਾ ਨਿਗਰਾਨੀ ਕਰਨਗੇ ਅਤੇ ਕਿਸੇ ਵੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇਗਾ। ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਉਨ੍ਹਾਂ ਦੀ ਮਿਹਨਤ ਦੇ ਪੂਰੇ ਪੈਸੇ ਸਮੇਂ ਉੱਤੇ ਅਦਾ ਕੀਤੇ ਜਾਣਗੇ ਅਤੇ ਕਿਸੇ ਨੂੰ ਵੀ ਅਣਚਾਹੀ ਦੇਰੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੋਰ ਜਾਣਕਾਰੀ ਅਤੇ ਸਹਾਇਤਾ ਲਈ ਕਿਸਾਨ ਆਪਣੇ ਸਬੰਧਤ ਸਕੱਤਰ ਮਾਰਕਿਟ ਕਮੇਟੀ ਜਾਂ ਮੰਡੀ ਬੋਰਡ ਦੇ ਪੋਰਟਲ ਰਾਹੀਂ ਸੰਪਰਕ ਕਰ ਸਕਦੇ ਹਨ।17 ਐਫਡੀਕੇ : ਡਿਪਟੀ ਕਮਿਸ਼ਨਰ ਪੂਨਮਦੀਪ ਕੌਰ।