
ਜਲੰਧਰ (ਪੂਜਾ ਸ਼ਰਮਾ) ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਲੋਕ ਭਲਾਈ ਯੋਜਨਾ ‘ਮੇਰੀ ਰਸੋਈ’ ਤਹਿਤ ਜਲੰਧਰ ਉੱਤਰੀ ਵਿਧਾਨ ਸਭਾ ਹਲਕੇ ਵਿੱਚ ਅੱਜ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਗਈ। ਹਲਕਾ ਇੰਚਾਰਜ ਦਿਨੇਸ਼ ਢੱਲ ਦੀ ਦੇਖ-ਰੇਖ ਹੇਠ ਵੱਖ-ਵੱਖ ਡਿਪੂਆਂ ਰਾਹੀਂ ਯੋਗ ਲਾਭਪਾਤਰੀ ਪਰਿਵਾਰਾਂ ਨੂੰ ਕਿੱਟਾਂ ਪ੍ਰਦਾਨ ਕੀਤੀਆਂ ਗਈਆਂ।
ਇਸ ਮੌਕੇ ਦਿਨੇਸ਼ ਢੱਲ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਸਮਾਜ ਦੇ ਹਰ ਵਰਗ ਤੱਕ ਲੋਕ ਭਲਾਈ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਵਧਦੀ ਮਹਿੰਗਾਈ ਦੇ ਸਮੇਂ ਵਿੱਚ ‘ਮੇਰੀ ਰਸੋਈ’ ਸਕੀਮ ਲੋੜਵੰਦ ਪਰਿਵਾਰਾਂ ਲਈ ਇੱਕ ਅਹਿਮ ਸਹਾਇਤਾ ਸਾਬਤ ਹੋ ਰਹੀ ਹੈ, ਜਿਸ ਰਾਹੀਂ ਘਰੇਲੂ ਵਰਤੋਂ ਦੀਆਂ ਜ਼ਰੂਰੀ ਵਸਤਾਂ ਸਿੱਧੇ ਤੌਰ ’ਤੇ ਲੋਕਾਂ ਤੱਕ ਪਹੁੰਚ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਹਲਕੇ ਦੇ ਸਾਰੇ ਰਾਸ਼ਨ ਡਿਪੂਆਂ ’ਤੇ ਪਹਿਲਾਂ ਹੀ ਕਿੱਟਾਂ ਦਾ ਸਟਾਕ ਉਪਲਬਧ ਕਰਵਾ ਦਿੱਤਾ ਗਿਆ ਸੀ ਅਤੇ ਅੱਜ ਲਾਭਪਾਤਰੀਆਂ ਨੂੰ ਸੁਚਾਰੂ ਢੰਗ ਨਾਲ ਕਿੱਟਾਂ ਵੰਡੀਆਂ ਗਈਆਂ। ਵੰਡ ਦੌਰਾਨ ਇਹ ਵੀ ਯਕੀਨੀ ਬਣਾਇਆ ਗਿਆ ਕਿ ਹਰ ਯੋਗ ਪਰਿਵਾਰ ਨੂੰ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਇੱਕ ਕਿੱਟ ਮੁਹੱਈਆ ਕਰਵਾਈ ਜਾਵੇ।
ਫੂਡ ਸਪਲਾਈ ਵਿਭਾਗ ਦੇ ਇੰਸਪੈਕ ਅਤੇ ਡਿਪੂ ਹੋਲਡਰਾਂ ਦੇ ਸਹਿਯੋਗ ਨਾਲ ਪੂਰੀ ਪ੍ਰਕਿਰਿਆ ਸ਼ਾਂਤੀਪੂਰਵਕ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਹੋਈ। ਵੱਖ-ਵੱਖ ਡਿਪੂ ਸੰਚਾਲਕਾਂ ਨੇ ਵੀ ਸਰਕਾਰ ਦੀ ਇਸ ਪਹਿਲ ਨੂੰ ਲੋਕਾਂ ਲਈ ਲਾਭਦਾਇਕ ਦੱਸਿਆ ਅਤੇ ਕਿਹਾ ਕਿ ਇਸ ਨਾਲ ਹੱਕਦਾਰ ਪਰਿਵਾਰਾਂ ਨੂੰ ਸਿੱਧੀ ਰਾਹਤ ਮਿਲ ਰਹੀ ਹੈ।
ਰਾਸ਼ਨ ਕਿੱਟਾਂ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਦੀਆਂ ਵਧਦੀਆਂ ਕੀਮਤਾਂ ਕਾਰਨ ਘਰੇਲੂ ਬਜਟ ਪ੍ਰਭਾਵਿਤ ਹੋ ਰਿਹਾ ਸੀ, ਪਰ ਇਸ ਯੋਜਨਾ ਨਾਲ ਉਨ੍ਹਾਂ ਨੂੰ ਕਾਫ਼ੀ ਮਦਦ ਮਿਲੇਗੀ।
ਦਿਨੇਸ਼ ਢੱਲ ਨੇ ਕਿਹਾ ਕਿ ਭਵਿੱਖ ਵਿੱਚ ਵੀ ਸਰਕਾਰ ਦੀਆਂ ਜਨ-ਹਿਤੈਸ਼ੀ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਇਸੇ ਤਰ੍ਹਾਂ ਯਤਨ ਜਾਰੀ ਰਹਿਣਗੇ ਅਤੇ ਕੋਈ ਵੀ ਯੋਗ ਲਾਭਪਾਤਰੀ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।
ਇਸ ਮੌਕੇ ਇਲਾਕੇ ਦੇ ਵੱਖ-ਵੱਖ ਪਤਵੰਤੇ ਵਿਅਕਤੀ, ਸਮਾਜ ਸੇਵੀ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿੱਚ ਲਾਭਪਾਤਰੀ ਮੌਜੂਦ ਸਨ।
