ਸਿੱਖਿਆ ਵਿਭਾਗ ਵੱਲੋਂ 2000 ਪੀਟੀਆਈ ਅਧਿਆਪਕਾਂ ਦੀ ਭਰਤੀ ਦਾ ਇਸ਼ਤਿਹਾਰ ਵਾਪਸ

ਐੱਸਏਐੱਸ ਨਗਰ – ਸਿੱਖਿਆ ਵਿਭਾਗ, ਪੰਜਾਬ ਵੱਲੋਂ 2000 ਪੀਟੀਆਈ (ਐਲੀਮੈਂਟਰੀ ਕਾਡਰ) ਅਧਿਆਪਕਾਂ ਦੀ ਭਰਤੀ ਦਾ ਇਸ਼ਤਿਹਾਰ ਅਚਾਨਕ ਵਾਪਸ ਲੈ ਲਿਆ ਗਿਆ ਹੈ, ਜਿਸ ਨਾਲ ਜਿੱਥੇ ਬੇਰੁਜ਼ਗਾਰ ਅਧਿਆਪਕਾਂ ਦੀਆਂ ਆਸਾਂ ‘ਤੇ ਪਾਣੀ ਫਿਰਿਆ ਹੈ, ਉੱਥੇ ਹੀ ਸਿੱਖਿਆ ਅਤੇ ਖੇਡ ਜਗਤ ਵਿਚ ਵੀ ਨਿਰਾਸ਼ਾ ਪਾਈ ਜਾ ਰਹੀ ਹੈ। ਇਸ ਸਬੰਧੀ ਸਿੱਖਿਆ ਭਰਤੀ ਡਾਇਰੈਕਟੋਰੇਟ ਨੇ ਦੱਸਿਆ ਕਿ ਦਫ਼ਤਰ ਡਾਇਰੈਕਟਰ ਸਕੂਲ ਐਜੂਕੇਸ਼ਨ (ਐਲੀਮੈਂਟਰੀ) ਦੀ ਹਦਾਇਤ ‘ਤੇ 15 ਜੁਲਾਈ 2025 ਨੂੰ ਅਖਬਾਰਾਂ ਅਤੇ 18 ਜੁਲਾਈ 2025 ਨੂੰ ਵੈੱਬਸਾਈਟ ‘ਤੇ ਜਾਰੀ ਕੀਤਾ ਗਿਆ ਇਸ਼ਤਿਹਾਰ ਵਾਪਸ ਲਿਆ ਜਾ ਰਿਹਾ ਹੈ।

ਗੌਰਮਿੰਟ ਟੀਚਰ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜ ਸਕੱਤਰ ਗੁਰਵਿੰਦਰ ਸਿੰਘ ਸਸਕੌਰ, ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਪੱਪੀ ਸਿੱਧੂ ਅਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਨੇ ਇਸ ਫ਼ੈਸਲੇ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਜਿੱਥੇ ‘ਆਪ’ ਸਰਕਾਰ ਸਿੱਖਿਆ ਸੁਧਾਰਾਂ ਦੇ ਦਾਅਵੇ ਕਰ ਰਹੀ ਹੈ, ਉੱਥੇ ਪ੍ਰਾਇਮਰੀ ਸਕੂਲਾਂ ਵਿਚ ਖੇਡ ਅਧਿਆਪਕਾਂ ਦੀ ਭਰਤੀ ਦਾ ਇਸ਼ਤਿਹਾਰ ਵਾਪਸ ਲੈਣਾ ਬਹੁਤ ਹੀ ਮੰਦਭਾਗਾ ਫ਼ੈਸਲਾ ਹੈ।