ਸ਼੍ਰੀਨਗਰ- ਆਜ਼ਾਦੀ ਦਿਵਸ ਤੋਂ ਦੋ ਦਿਨ ਪਹਿਲਾਂ, ਸੁਰੱਖਿਆ ਬਲਾਂ ਨੇ ਉੱਤਰੀ ਕਸ਼ਮੀਰ ਦੇ ਉੜੀ ਸੈਕਟਰ ਵਿੱਚ ਕੰਟਰੋਲ ਰੇਖਾ (LoC) ‘ਤੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਹਾਲਾਂਕਿ, ਇਸ ਦੌਰਾਨ ਗੋਲੀਬਾਰੀ ਵਿੱਚ ਇੱਕ ਜਵਾਨ ਸ਼ਹੀਦ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਮੁਕਾਬਲੇ ਵਿੱਚ ਇੱਕ ਅੱਤਵਾਦੀ ਵੀ ਮਾਰਿਆ ਗਿਆ।
ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਨੂੰ, ਫੌਜ ਨੇ ਜੰਮੂ-ਕਸ਼ਮੀਰ ਦੇ ਉੜੀ ਸੈਕਟਰ ਵਿੱਚ ਕੰਟਰੋਲ ਰੇਖਾ (LoC) ‘ਤੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਜਿਸ ਵਿੱਚ ਇੱਕ ਜਵਾਨ ਸ਼ਹੀਦ ਹੋ ਗਿਆ। ਉਨ੍ਹਾਂ ਕਿਹਾ ਕਿ ਜਵਾਨਾਂ ਨੇ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਉੜੀ ਦੇ ਚੁਰੂੰਡਾ ਖੇਤਰ ਵਿੱਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ।
ਮੰਗਲਵਾਰ ਨੂੰ, BSF ਕਸ਼ਮੀਰ ਫਰੰਟੀਅਰ ਦੇ ਇੰਸਪੈਕਟਰ ਜਨਰਲ ਅਸ਼ੋਕ ਯਾਦਵ ਨੇ ਕਿਹਾ ਕਿ ਪਾਕਿਸਤਾਨ ਲਗਾਤਾਰ ਜੰਮੂ-ਕਸ਼ਮੀਰ ਵਿੱਚ ਅੱਤਵਾਦੀਆਂ ਦੀ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉੱਤਰੀ ਕਸ਼ਮੀਰ ਵਿੱਚ ਕੰਟਰੋਲ ਰੇਖਾ ਦੇ ਪਾਰ ਲਾਂਚਿੰਗ ਪੈਡਾਂ ‘ਤੇ ਅੱਤਵਾਦੀਆਂ ਦੀਆਂ ਗਤੀਵਿਧੀਆਂ ਵੱਧ ਰਹੀਆਂ ਹਨ, ਪਰ BSF ਨੇ ਹੋਰ ਸੁਰੱਖਿਆ ਏਜੰਸੀਆਂ ਨਾਲ ਤਾਲਮੇਲ ਕਰਕੇ ਘੁਸਪੈਠ ਦੀ ਹਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।
ਬਾਂਦੀਪੋਰਾ ਵਿੱਚ ਆਜ਼ਾਦੀ ਦਿਵਸ ਮੌਕੇ ਕਰਵਾਏ 79 ਕਿਲੋਮੀਟਰ ਲੰਬੀ ਸਾਈਕਲ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਉਨ੍ਹਾਂ ਕਿਹਾ ਕਿ ਬੀਐਸਐਫ ਅਤੇ ਫੌਜ ਘੁਸਪੈਠ ਨੂੰ ਰੋਕਣ ਲਈ ਇੱਕ ਸਾਂਝੀ ਰਣਨੀਤੀ ਤਹਿਤ ਕੰਮ ਕਰ ਰਹੇ ਹਨ।