ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਤਿੰਨ ਸਾਲਾਂ ਦੌਰਾਨ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਮੀਲ ਪੱਥਰ ਕਾਇਮ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰ ਆਪਣੇ ਕਾਰਜਕਾਲ ਦੇ ਆਖਰੀ ਸਮੇਂ ’ਤੇ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਰਸਮੀ ਕਾਰਵਾਈ ਕਰਦੀਆਂ ਸਨ।
ਮੁੱਖ ਮੰਤਰੀ ਨੇ ਅੱਜ ਵੱਖ-ਵੱਖ ਵਿਭਾਗਾਂ ਵਿਚ 271 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੇ ਬਿਨਾਂ ਕਿਸੇ ਸਿਫਾਰਸ਼ ਤੋਂ ਆਪਣੀ ਯੋਗਤਾ ਦੇ ਆਧਾਰ ’ਤੇ ਇਹ ਨੌਕਰੀਆਂ ਹਾਸਲ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਰੋਜ਼ਗਾਰ ਨਹੀਂ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਸੰਤੁਸ਼ਟੀ ਦੀ ਗੱਲ ਹੈ ਕਿ ਸੂਬਾ ਸਰਕਾਰ ਨੇ ਹੁਣ ਤੱਕ 55,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਭਰਤੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਕੀਤੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਇਹ ਨੌਕਰੀਆਂ ਨੌਜਵਾਨਾਂ ਦੀ ਤਕਦੀਰ ਬਦਲ ਦੇਣਗੀਆਂ। ਉਨ੍ਹਾਂ ਕਿਹਾ ਕਿ ਇਹ ਜਗ੍ਹਾ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਨੌਕਰੀਆਂ ਦੇਣ ਦੇ ਸ਼ਾਨਦਾਰ ਸਫਰ ਦੀ ਗਵਾਹ ਬਣ ਕੇ ਉੱਭਰੀ ਹੈ। ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦੀ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਵੱਲ ਕਦੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਵੱਡੇ ਸਿਆਸੀ ਆਗੂਆਂ ਦੇ ਧੀਆਂ-ਪੁੱਤ ਪਹਾੜਾਂ ਦੇ ਕਾਨਵੈਂਟ ਸਕੂਲਾਂ ਵਿਚ ਪੜ੍ਹਦੇ ਸਨ, ਜਿਸ ਕਾਰਨ ਉਨ੍ਹਾਂ ਨੇ ਸਰਕਾਰੀ ਸਕੂਲਾਂ ਵੱਲ ਕਦੇ ਧਿਆਨ ਨਹੀਂ ਦਿੱਤਾ। ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸਰਕਾਰੀ ਸਕੂਲ ਸਿੱਖਿਆ ਦੇਣ ਦੀ ਬਜਾਏ ਸਿਰਫ਼ ਮਿਡ ਡੇ ਮੀਲ ਸੈਂਟਰ ਬਣੇ ਹੋਏ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰੀ ਸਕੂਲਾਂ ਨੂੰ ਹੁਣ ‘ਸਕੂਲ ਆਫ਼ ਐਮੀਨੈਂਸ’ ਵਿੱਚ ਅਪਗ੍ਰੇਡ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਭਾਰਤ ਸਰਕਾਰ ਦੁਆਰਾ ਕਰਵਾਏ ਗਏ ਕੌਮੀ ਐਚੀਵਮੈਂਟ ਸਰਵੇ ਵਿੱਚ ਕੇਰਲਾ ਨੂੰ ਪਛਾੜ ਕੇ ਪੰਜਾਬ ਪਹਿਲੇ ਸਥਾਨ ‘ਤੇ ਆਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ 848 ਵਿਦਿਆਰਥੀ ਨੀਟ ਦੀ ਪ੍ਰੀਖਿਆ ਲਈ ਕੁਆਲੀਫਾਈ ਹੋਏ ਹਨ, 265 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਪਾਸ ਕੀਤੀ ਜਦਕਿ 45 ਨੇ ਜੇ.ਈ.ਈ. ਐਡਵਾਂਸਡ ਪ੍ਰੀਖਿਆ ਪਾਸ ਕੀਤੀ ਹੈ। ਮਾਨ ਨੇ ਕਿਹਾ ਕਿ ਕੋਈ ਵੀ ਮੁਫ਼ਤ ਜਾਂ ਰਿਆਇਤੀ ਕਾਰਡ ਸੂਬੇ ਵਿੱਚੋਂ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਖਤਮ ਨਹੀਂ ਕਰ ਸਕਦੇ ਪਰ ਸਿੱਖਿਆ ਹੀ ਉਹ ਕੁੰਜੀ ਹੈ ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਗੁਰਬਤ ਦੇ ਚੱਕਰ ਵਿੱਚੋਂ ਬਾਹਰ ਕੱਢ ਸਕਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਰਾਜਨੀਤੀ ਦੇ ਖੇਤਰ ਵਿੱਚ ਆਉਣ ਦੀ ਇੱਛਾ ਨਹੀਂ ਰੱਖੀ ਪਰ ਪਿਛਲੀਆਂ ਸਰਕਾਰਾਂ ਵੱਲੋਂ ਸੂਬੇ ਅਤੇ ਇਸ ਦੇ ਲੋਕਾਂ ਦੀ ਬੇਰਹਿਮੀ ਨਾਲ ਕੀਤੀ ਜਾ ਰਹੀ ਲੁੱਟ ਨੇ ਉਨ੍ਹਾਂ ਨੂੰ ਇਸ ਖੇਤਰ ਵਿੱਚ ਆਉਣ ਲਈ ਮਜਬੂਰ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮੌਕਾਪ੍ਰਸਤ ਅਤੇ ਲਾਲਚੀ ਆਗੂਆਂ ਨੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਨੂੰ ਨਜ਼ਰਅੰਦਾਜ਼ ਕੀਤਾ ਸੀ ਜਿਸ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਇਆ ਅਤੇ ਨਵੇਂ ਲੋਕਾਂ ਦੇ ਸਿਆਸਤ ਵਿੱਚ ਆਉਣ ਦਾ ਰਾਹ ਪੱਧਰਾ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਵਿਕਾਸ ਅਤੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਲਈ ਅਣਥੱਕ ਮਿਹਨਤ ਕਰ ਰਹੇ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਸੂਬੇ ਦੇ ਆਗੂ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰਦੇ ਸਨ ਅਤੇ ਅੱਜ ਪੰਜਾਬ ਸਰਕਾਰ ਸੂਬੇ ਦੇ ਸਮੁੱਚੇ ਵਿਕਾਸ ਅਤੇ ਖੁਸ਼ਹਾਲੀ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਿਆਸੀ ਆਗੂ ਲੋਕਾਂ ਨੂੰ ਮਿਲਣ ਤੋਂ ਕੰਨੀ ਕਤਰਾਉਂਦੇ ਸਨ ਜਦੋਂਕਿ ਅੱਜ ਸਰਕਾਰ ਲੋਕਾਂ ਦੀ ਫੀਡਬੈਕ ਦੇ ਆਧਾਰ ‘ਤੇ ਕੰਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾ ਕੇ ਸੂਬੇ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਬੇਮਿਸਾਲ ਵਿਕਾਸ ਦੇ ਨਵੇਂ ਯੁੱਗ ਦਾ ਗਵਾਹ ਬਣ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਵਿਕਾਸ ਤੇ ਤਰੱਕੀ ਨੂੰ ਵੱਡਾ ਹੁਲਾਰਾ ਦੇਣ ਲਈ ਵੱਡੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ ਅਤੇ ਹੋਰ ਸਾਰੇ ਖੇਤਰਾਂ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ ਮਿਸਾਲੀ ਵਿਕਾਸ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਇਰਾਦੇ ਬੜੇ ਸਪੱਸ਼ਟ ਹਨ ਕਿ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕੀਤੀ ਜਾਵੇ।
ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ, ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਸਕੱਤਰ ਸਿੱਖਿਆ ਅਨਿੰਦਿਤਾ ਮਿੱਤਰਾ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।