ਅੰਮ੍ਰਿਤਸਰ – ਪੁਲਿਸ ਥਾਣਾ ਛੇਹਰਟਾ ਨੇ ਸੋਮਵਾਰ ਸਵੇਰੇ ਪੰਜਾਬ ਵਿਚ ਹੈਰੋਇਨ ਸਪਲਾਈ ਕਰਨ ਵਾਲੇ ਇਕ ਗਿਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿਚੋਂ ਅੱਠ ਕਿੱਲੋ 37 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਅਤੇ ਕੇਸ ਦਰਜ ਕੀਤਾ ਗਿਆ ਹੈ।
ਸੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗਿਰੋਹ ਦੇ ਹੋਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਗਿਰੋਹ ਦੇ ਸਰਗਨਾ ਸੋਨੀ ਸਿੰਘ ਉਰਫ਼ ਸੋਨੀ ਅਤੇ ਗੁਰਪ੍ਰੀਤ ਸਿੰਘ ਦੋ-ਤਿੰਨ ਦਿਨਾਂ ਲਈ ਸ਼ਹਿਰ ਦੇ ਛੋਟੇ ਹੋਟਲਾਂ ਵਿਚ ਕਮਰੇ ਕਿਰਾਏ ’ਤੇ ਲੈਂਦੇ ਸਨ ਅਤੇ ਹੈਰੋਇਨ ਦੀ ਖੇਪ ਆਪਣੇ ਕੋਲ ਰੱਖਦੇ ਸਨ ਅਤੇ ਆਪਣੇ ਗਿਰੋਹ ਦੇ ਮੈਂਬਰਾਂ ਨੂੰ ਸਪਲਾਈ ਕਰਦੇ ਸਨ। ਜਾਂਚ ਤੋਂ ਪਤਾ ਲੱਗਾ ਹੈ ਕਿ ਸੋਨੀ ਵਿਰੁੱਧ ਪਹਿਲਾਂ ਹੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਛੇ ਮਾਮਲੇ ਦਰਜ ਹਨ ਅਤੇ ਉਹ ਇਸ ਸਾਲ ਜੂਨ ਵਿਚ ਜ਼ਮਾਨਤ ’ਤੇ ਜੇਲ੍ਹ ਤੋਂ ਰਿਹਾਅ ਹੋ ਗਿਆ ਸੀ।
ਸੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਸੋਮਵਾਰ ਸ਼ਾਮ ਨੂੰ ਪੁਲਿਸ ਲਾਈਨ ਵਿਚ ਕੀਤੀ ਪ੍ਰੈੱਸ ਕਾਨਫਰੰਸ ਵਿਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਸੇਵਕ ਸਿੰਘ, ਵਿਸ਼ਾਲਦੀਪ ਸਿੰਘ ਉਰਫ਼ ਗੋਲਾ, ਗੁਰਪ੍ਰੀਤ ਸਿੰਘ ਅਤੇ ਅਰਸ਼ਦੀਪ ਸਿੰਘ ਵਜੋਂ ਕੀਤੀ, ਜੋ ਅਜਨਾਲਾ ਦੇ ਵਸਨੀਕ ਹਨ। ਸੋਨੀ ਨੂੰ ਕੁਝ ਦਿਨ ਪਹਿਲਾਂ ਪੁਲਿਸ ਨੇ 150 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਨਾਲ ਗ੍ਰਿਫ਼ਤਾਰ ਕੀਤਾ ਸੀ। ਪੁੱਛਗਿੱਛ ਤੋਂ ਬਾਅਦ ਮੁਲਜ਼ਮ ਨੇ ਆਪਣੇ ਚਾਰ ਸਾਥੀਆਂ ਦੇ ਨਾਂ ਸਵੀਕਾਰ ਕੀਤੇ। ਪੁਲਿਸ ਨੇ ਬੀ ਡਵੀਜ਼ਨ ਥਾਣੇ ਅਧੀਨ ਆਉਂਦੇ ਇਕ ਹੋਟਲ ਦੇ ਕਮਰੇ ਵਿਚ ਛਾਪਾ ਮਾਰ ਕੇ ਚਾਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ ਅੱਠ ਕਿੱਲੋ 37 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਮੁਲਜ਼ਮਾਂ ਨੇ ਦੱਸਿਆ ਕਿ ਉਹ ਚਾਚਾ ਨਾਂ ਦੇ ਇਕ ਪਾਕਿਸਤਾਨੀ ਤਸਕਰ ਦੇ ਸੰਪਰਕ ਵਿਚ ਹਨ ਅਤੇ ਉਹ ਹੈਰੋਇਨ ਦੀਆਂ ਵੱਡੀਆਂ ਖੇਪਾਂ ਮੰਗਵਾਉਂਦੇ ਹਨ ਅਤੇ ਇੱਥੇ ਹੋਟਲਾਂ ਵਿਚ ਕਮਰੇ ਬੁੱਕ ਕਰ ਕੇ ਗਾਹਕਾਂ ਨੂੰ ਸਪਲਾਈ ਕਰਦੇ ਹਨ। ਸੀਪੀ ਨੇ ਦੱਸਿਆ ਕਿ ਮੁਲਜ਼ਮ ਪੁਲਿਸ ਨੈੱਟਵਰਕ ਤੋਂ ਆਪਣੇ ਆਪ ਨੂੰ ਬਚਾਉਣ ਲਈ ਹੋਟਲਾਂ ਦੀ ਵਰਤੋਂ ਕਰ ਰਹੇ ਸਨ।
ਸੀਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਸੋਨੀ ਨੇ ਆਪਣੇ ਗਿਰੋਹ ਨਾਲ ਮਿਲ ਕੇ ਕੁਝ ਦਿਨ ਪਹਿਲਾਂ ਡ੍ਰੋਨ ਰਾਹੀਂ ਪਾਕਿਸਤਾਨੀ ਤਸਕਰ ਚਾਚਾ ਤੋਂ 30 ਕਿੱਲੋ ਹੈਰੋਇਨ ਮੰਗਵਾਈ ਸੀ ਅਤੇ ਇਸ ਨੂੰ ਟਿਕਾਣੇ ਲਗਾ ਚੁੱਕਾ ਹੈ। ਪੁਲਿਸ ਮੁਲਜ਼ਮਾਂ ਦੇ ਮੋਬਾਈਲ ਲੋਕੇਸ਼ਨ ਦੀ ਵੀ ਜਾਂਚ ਕਰ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਕਿੰਨੀ ਵਾਰ ਸਰਹੱਦੀ ਖੇਤਰ ਵਿਚ ਗਏ ਹਨ। ਮੁਲਜ਼ਮਾਂ ਨੇ ਮੰਨਿਆ ਹੈ ਕਿ ਉਹ ਆਪਣੀਆਂ ਖੇਪਾਂ ਦੀ ਸਪਲਾਈ ਲਈ ਭੀੜ-ਭੜੱਕੇ ਵਾਲੇ ਇਲਾਕਿਆਂ ਦੀ ਵਰਤੋਂ ਕਰਦੇ ਸਨ।