ਕੰਟਰੈਕਟ ਅਸਿਸਟੈਂਟ ਪ੍ਰੋਫਸਰਾਂ ਨੂੰ ਵੱਡੀ ਰਾਹਤ! ਨੌਕਰੀ ਤੋਂ ਕੱਢਣ ਦੇ ਆਦੇਸ਼ ’ਤੇ CAT ਨੇ ਲਗਾਈ ਰੋਕ

ਚੰਡੀਗੜ੍ਹ –ਸੈਕਟਰ-42 ਦੇ ਪੋਸਟ ਗ੍ਰੈਜੂਏਟ ਗੌਰਮਿੰਟ ਕਾਲਜ ਫਾਰ ਗਰਲਜ਼ ’ਚ ਕੰਟਰੈਕਟ ’ਤੇ ਕੰਮ ਕਰ ਰਹੇ ਅਸਿਸਟੈਂਟ ਪ੍ਰੋਫੈਸਰਾਂ ਨੂੰ ਸੈਂਟਰਲ ਐਡਮਿਨਿਸਟ੍ਰੇਟਿਵ ਟ੍ਰਿਬਿਊਨਲ (ਕੈਟ) ਤੋਂ ਵੱਡੀ ਰਾਹਤ ਮਿਲੀ ਹੈ। ਪ੍ਰਸ਼ਾਸਨ ਨੇ ਉਨ੍ਹਾਂ ਦੀਆਂ ਸੇਵਾਵਾਂ ਖ਼ਤਮ ਕਰ ਕੇ ਉਨ੍ਹਾਂ ਨੂੰ ਨੌਕਰੀ ਤੋਂ ਟਰਮੀਨੇਟ ਕਰ ਦਿੱਤਾ ਸੀ। ਇਹ ਆਦੇਸ਼ ਦੋ ਦਿਨ ਪਹਿਲਾਂ ਹੀ ਜਾਰੀ ਹੋਏ ਸਨ ਜਿਸ ਖ਼ਿਲਾਫ਼ ਉਨ੍ਹਾਂ ਨੇ ਕੈਟ ’ਚ ਪਟੀਸ਼ਨ ਦਾਖ਼ਲ ਕਰ ਦਿੱਤੀ। ਕੈਟ ਨੇ ਟਰਮੀਨੇਸ਼ਨ ਆਰਡਰ ’ਤੇ ਅਗਲੀ ਤਰੀਕ ਤੱਕ ਰੋਕ ਲਗਾ ਦਿੱਤੀ ਹੈ। ਮਾਮਲੇ ਦੀ ਅਗਲੀ ਸੁਣਵਾਈ ਨੌ ਅਕਤੂਬਰ ਨੂੰ ਹੋਵੇਗੀ। ਪ੍ਰਸ਼ਾਸਨ ਨੇ ਇਨ੍ਹਾਂ ਅਸਿਸਟੈਂਟ ਪ੍ਰੋਫੈਸਰਾਂ ਦੀਆਂ ਸੇਵਾਵਾਂ ਇਹ ਕਹਿੰਦੇ ਹੋਏ ਖ਼ਤਮ ਕਰ ਦਿੱਤੀਆਂ ਸਨ ਕਿ ਉਹ ਯੂਜੀਸੀ ਵੱਲੋਂ ਤੈਅ ਘੱਟੋ ਘੱਟ ਵਿੱਦਿਅਕ ਯੋਗਤਾ ਪੂਰੀ ਨਹੀਂ ਕਰਦੇ। ਹਾਲਾਂਕਿ ਇਹ 2010 ਤੋਂ ਨੌਕਰੀ ਕਰ ਰਹੇ ਸਨ। ਇਨ੍ਹਾਂ ਨੂੰ ਉਦੋਂ ਨੈੱਟ ਤੇ ਪੀਐੱਚਡੀ ਯੋਗਤਾ ਤੋਂ ਛੋਟ ਦੇ ਦਿੱਤੀ ਗਈ ਸੀ। ਇਸ ਲਈ ਇਨ੍ਹਾਂ ਨੇ ਪ੍ਰਸ਼ਾਸਨ ਦੇ ਆਦੇਸ਼ ਨੂੰ ਗ਼ੈਰ ਕਾਨੂੰਨੀ ਦੱਸਦੇ ਹੋਏ ਕੈਟ ’ਚ ਪਟੀਸ਼ਨ ਦਾਖ਼ਲ ਕਰ ਦਿੱਤੀ।