ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ

ਜਲੰਧਰ (ਮਨੀਸ਼ ਰਿਹਾਨ) ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਜਨਵਰੀ 2026 ਦੇ ਤਹਿਤ ਅੱਜ ਜ਼ਿਲ੍ਹਾ ਪੱਧਰ ‘ਤੇ ਵੱਖ-ਵੱਖ ਮੁਕਾਬਲਿਆਂ ਦਾ ਆਯੋਜਨ ਸਰਕਾਰੀ ਮਾਡਲ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ, ਲਾਡੋਵਾਲੀ ਰੋਡ, ਜਲੰਧਰ ਵਿਖੇ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਵਿੱਚ ਕੁਇਜ਼, ਸਲੋਗਨ, ਪੋਸਟਰ ਅਤੇ ਭਾਸ਼ਣ ਮੁਕਾਬਲੇ ਸ਼ਾਮਲ ਸਨ।

ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਵਿੱਚ ਸੜਕ ਸੁਰੱਖਿਆ ਸੰਬੰਧੀ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਪ੍ਰੇਰਿਤ ਕਰਨਾ ਸੀ। ਮਾਣਯੋਗ ਅਮਨਪਾਲ ਸਿੰਘ, ਆਰ.ਟੀ.ਓ. ਅਤੇ ਵਿਸ਼ਾਲ ਗੋਇਲ, ਏ.ਆਰ.ਟੀ.ਓ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਨੈਸ਼ਨਲ ਅਵਾਰਡੀ ਡਾ. ਗੁਰਿੰਦਰਜੀਤ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸਟੇਟ ਅਵਾਰਡੀ ਰਾਜੀਵ ਜੋਸ਼ੀ ਦੀ ਅਗਵਾਈ ਹੇਠ ਕਰਵਾਏ ਗਏ ਇਨ੍ਹਾਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ਸਕੂਲਾਂ ਤੋਂ ਆਏ ਵਿਦਿਆਰਥੀਆਂ ਨੇ ਬੜੇ ਉਤਸ਼ਾਹ, ਅਨੁਸ਼ਾਸਨ ਅਤੇ ਰਚਨਾਤਮਕਤਾ ਨਾਲ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲਿਆ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੜਕ ਹਾਦਸਿਆਂ ਨੂੰ ਰੋਕਣ ਲਈ ਟ੍ਰੈਫਿਕ ਨਿਯਮਾਂ ਦੀ ਪਾਲਣਾ ਬਹੁਤ ਜ਼ਰੂਰੀ ਹੈ ਅਤੇ ਨੌਜਵਾਨਾਂ ਦੀ ਭੂਮਿਕਾ ਇਸ ਦਿਸ਼ਾ ਵਿੱਚ ਸਭ ਤੋਂ ਅਹਿਮ ਹੈ। ਉਨ੍ਹਾਂ ਨੇ ਹੈਲਮੈਟ ਪਹਿਨਣ, ਸੀਟ ਬੈਲਟ ਦੀ ਵਰਤੋਂ, ਨਸ਼ੇ ਦੀ ਹਾਲਤ ਵਿੱਚ ਵਾਹਨ ਨਾ ਚਲਾਉਣ ਅਤੇ ਤੇਜ਼ ਗਤੀ ਤੋਂ ਬਚਣ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਦੀ ਮਹੱਤਤਾ ਬਾਰੇ ਪ੍ਰੇਰਿਤ ਕੀਤਾ ਗਿਆ। ਪ੍ਰਿੰਸੀਪਲ-ਕੰਮ-ਕੋਆਰਡੀਨੇਟਰ ਦਿਨੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਕੇ ਅਨੇਕਾਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਪ੍ਰਿੰਸੀਪਲ ਮਨਿੰਦਰ ਕੌਰ ਨੇ ਦੱਸਿਆ ਕਿ ਅੱਜ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੌਰਾਨ ਜ਼ਿਲ੍ਹੇ ਦੇ ਸਮੂਹ 17 ਬਲਾਕਾਂ ਦੇ ਜੇਤੂ ਵਿਦਿਆਰਥੀਆਂ ਵੱਲੋਂ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ ਗਿਆ। ਅੱਜ ਦੇ ਭਾਸ਼ਣ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਧੇਵਾਲੀ ਦੀ ਪੂਨਮ ਕੁਮਾਰੀ ਨੇ ਪਹਿਲਾ,ਸਰਕਾਰੀ ਹਾਈ ਸਕੂਲ ਕੋਟਲਾ ਸੂਰਜਮਲ ਦੇ ਓਂਕਾਰ ਸਿੰਘ ਨੇ ਦੂਸਰਾ ਅਤੇ ਸਕੂਲ ਆਫ਼ ਐਮੀਨੈਂਸ ਮਕਸੂਦਾਂ ਦੇ ਅਭਿਸ਼ੇਕ ਕੁਮਾਰ ਨੇ ਤੀਜਾ ਸਥਾਨ ਹਾਸਿਲ ਕੀਤਾ। ਕੁਈਜ਼ ਮੁਕਾਬਲਿਆਂ ਦੌਰਾਨ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਪੀ.ਏ.ਪੀ ਦੀ ਮੰਨਤ ਨੇ ਪਹਿਲਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਗੁਰਾਇਆ ਦੀ ਅੰਕਿਤਾ ਨੇ ਦੂਸਰਾ ਅਤੇ ਸਰਕਾਰੀ ਹਾਈ ਸਕੂਲ ਤਲਵੰਡੀ ਭਰੋ ਦੀ ਗੁਰਮੀਨ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਪੋਸਟਰ ਮੇਕਿੰਗ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੋਗੱਜਾ ਦੇ ਲਵਿਸ਼ ਨੇ ਪਹਿਲਾ, ਸਕੂਲ ਆਫ਼ ਐਮੀਨੈਂਸ ਆਦਮਪੁਰ ਦੇ ਆਸ਼ੀਸ਼ ਗਿਰੀ ਨੇ ਦੂਸਰਾ ਅਤੇ ਸਕੂਲ ਆਫ਼ ਐਮੀਨੈਂਸ ਭਾਰਗੋ ਕੈਂਪ ਦੇ ਅਵੀਨੀਸ਼ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਸਲੋਗਨ ਲਿਖਣ ਦੇ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਮਾਣਕੋ ਦੇ ਮਨਜੋਤ ਵਿਰਦੀ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਨਪਾਲਕੇ ਦੇ ਗੁਰਕਮਲ ਨੇ ਦੂਸਰਾ ਅਤੇ ਸਕੂਲ ਆਫ਼ ਐਮੀਨੈਂਸ ਭਾਰਗੋ ਕੈਂਪ ਦੀ ਪੂਰਵੀ ਨੇ ਤੀਜਾ ਸਥਾਨ ਹਾਸਿਲ ਕੀਤਾ। ਮੁਕਾਬਲਿਆਂ ਦੇ ਅੰਤ ਵਿੱਚ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ, ਪ੍ਰਿੰਸੀਪਲ ਮਨਿੰਦਰ ਕੌਰ, ਕੋਆਰਡੀਨੇਟਰ ਦਿਨੇਸ਼ ਕੁਮਾਰ, ਸਹਾਇਕ ਕੋਆਰਡੀਨੇਟਰ ਨਰਿੰਦਰ ਭਗਤ ਅਤੇ ਹਰਜੀਤ ਕੁਮਾਰ ਬਾਵਾ ਵਲੋੰ ਜੇਤੂ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਅਖੀਰ ਵਿੱਚ ਰਾਜੀਵ ਜੋਸ਼ੀ ਵੱਲੋਂ ਸਮਾਗਮ ਦੀ ਸਫਲਤਾ ਲਈ ਸਕੂਲ ਪ੍ਰਸ਼ਾਸਨ, ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸਰਾਹਨਾ ਕੀਤੀ ਗਈ।